ਮੈਂ ਬਣਾਵਾਂਗਾ ਹਜ਼ਾਰਾਂ ਵੰਝਲੀਆਂ.......... ਗ਼ਜ਼ਲ / ਸੁਰਜੀਤ ਪਾਤਰ

ਮੈਂ ਬਣਾਵਾਂਗਾ ਹਜ਼ਾਰਾਂ ਵੰਝਲੀਆਂ ਮੈਂ ਸੋਚਿਆ ਸੀ
ਦੇਖਿਆ ਤਾਂ ਦੂਰ ਤਕ ਬਾਂਸਾਂ ਦਾ ਜੰਗਲ ਜਲ਼ ਰਿਹਾ ਸੀ

ਆਦਮੀ ਦੀ ਪਿਆਸ ਕੈਸੀ ਸੀ ਕਿ ਸਾਗਰ ਕੰਬਦੇ ਸਨ
ਆਦਮੀ ਦੀ ਭੁੱਖ ਕਿੰਨੀ ਸੀ ਕਿ ਜੰਗਲ ਡਰ ਗਿਆ ਸੀ


ਲੋਕ ਕਿੱਥੇ ਜਾ ਰਹੇ ਸਨ ਲੋਕਤਾ ਨੂੰ ਮਿੱਧ ਕੇ
ਮਸਲ ਕੇ ਇਨਸਾਨੀਅਤ ਇਨਸਾਨ ਕਿੱਥੇ ਜਾ ਰਿਹਾ ਸੀ

ਕਿਸ ਤਰ੍ਹਾਂ ਦੀ ਦੌੜ ਸੀ, ਪੈਰਾਂ 'ਚ ਅੱਖਰ ਰੁਲ਼ ਰਹੇ ਸਨ
ਓਹੀ ਅੱਖਰ ਜਿਨ੍ਹਾਂ ਅੰਦਰ ਮੰਜਿ਼ਲਾਂ ਦਾ ਥਹੁ ਪਤਾ ਸੀ

ਅਗਨ ਜਦ ਉਠੱੀ ਮੇਰੇ ਤਨ ਮਨ ਤਾਂ ਮੈਂ ਵੀ ਦੌੜਿਆ
ਪਰ ਤੇਰਾ ਹੰਝੂ ਮੇਰੇ ਰਾਹਾਂ 'ਚ ਦਰਿਆ ਬਣ ਗਿਆ ਸੀ

ਸੁੱਕ ਗਿਆ ਹਰ ਬਿਰਖ ਉਸਨੂੰ ਤਰਸਦਾ ਜਿਹੜੀ ਘੜੀ
ਕੁਆਰੀਆਂ ਕਣੀਆਂ ਨੇ ਲੈਰੇ ਪੱਤਿਆਂ 'ਤੇ ਬਰਸਣਾ ਸੀ

ਮੁੜ ਤਾਂ ਆਈਆਂ ਮਛਲੀਆਂ ਆਖ਼ਰ ਨੂੰ ਪੱਥਰ ਚੱਟ ਕੇ
ਪਰ ਉਨ੍ਹਾਂ ਦੇ ਮੁੜਨ ਤੱਕ ਪਾਣੀ ਵੀ ਪੱਥਰ ਹੋ ਗਿਆ ਸੀ